
ਫਤਹਿਗੜ੍ਹ ਸਾਹਿਬ -ਖਾਲਿਸਤਾਨ ਬਿਉਰੋ - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਵਿਸ਼ਾਲ ਕਿਸਾਨ ਟਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਪੁਲਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਹੁਣ ਜੇਲ੍ਹਾਂ ’ਚ ਬੰਦ ਹਨ। ਕਿਸਾਨ ਸੰਘਰਸ਼ ’ਚ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 80 ਸਾਲਾਂ ਬਜ਼ੁਰਗ ਨੂੰ ਅੱਜ ਰਿਹਾਅ ਕਰ ਦੇਣ ਦੀ ਸੂਚਨਾ ਮਿਲੀ ਹੈ।
ਦਿੱਲੀ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਏ ਬਜ਼ੁਰਗ ਧਰਮੀ ਫੌਜੀ ਗੁਰਮੁਖ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ। ਗੁਰਮੁਖ ਸਿੰਘ ਅੱਜ ਆਪਣੇ ਜੱਦੀ ਪਿੰਡ ਸ਼ਮਸ਼ਪੁਰ ਵਿਖੇ ਪਹੁੰਚ ਗਏ ਹਨ, ਜਿਥੇ ਇਲਾਕਾ ਨਿਵਾਸੀਆਂ ਅਤੇ ਪਿੰਡ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਕੇ ਆਏ ਧਰਮੀ ਫੌਜੀ ਬਾਬਾ ਗੁਰਮੁਖ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਉਨ੍ਹਾਂ ’ਤੇ ਬਹੁਤ ਤਸ਼ੱਦਦ ਕੀਤੇ ਹਨ।
ਇਸ ਮੌਕੇ ਪਹੁੰਚੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਦਿੱਲੀ ਪੁਲਸ ਵੱਲੋਂ ਕਿਸਾਨਾਂ ’ਤੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਤਾਂ ਜੋ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਡਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਹ ਕਦੇ ਵੀ ਆਪਣੇ ਮਿਸ਼ਨ ਵਿੱਚ ਕਾਮਯਾਬ ਨਹੀਂ ਹੋਣਗੇ।