ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕਾ ਦੇ ਬੈਂਗਲੁਰੂ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਜਿਥੇ ਸੂਬੇ 'ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੀ ਬਰਕਰਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਉਥੇ ਹੀ ਭਾਰਤ ਲਈ ਸਿੱਖਾਂ ਦੇ ਯੋਗਦਾਨ ਨੂੰ ਵੀ ਯਾਦ ਕਰਵਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਇਹ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜਬੂਰ ਕੀਤਾ ਜਾਵੇ। ਇਹ ਨਾਦਰਸ਼ਾਹੀ ਫੈਸਲਾ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਸਿੱਖ ਧਰਮ 'ਚ ਦਸਤਾਰ ਦਾ ਵੱਡਾ ਮਹੱਤਵ ਹੈ ਅਤੇ ਇਹ ਸਿੱਖ ਦੇ ਪਹਿਰਾਵੇ ਦਾ ਇਕ ਅਹਿਮ ਅੰਗ ਹੈ। ਕਿਸੇ ਨੂੰ ਵੀ ਦਸਤਾਰ ਉਤਾਰਨ ਲਈ ਮਜਬੂਰ ਕਰਨਾ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਦਾ ਉਲੰਘਣ ਹੈ। ਸਿੱਖ ਕੌਮ ਨੇ ਦੇਸ਼ ਦੀ ਅਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਜ਼ਿੰਦਾ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੀ ਹੈ।
ਉਨ੍ਹਾਂ ਕਿਹਾ ਕਿ ਉਸ ਭਾਰਤ ਦੇਸ਼ ਅੰਦਰ ਸਿੱਖਾਂ ਦੀ ਦਸਤਾਰ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਜਿਸ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਚੀਫ ਜਸਟਿਸ ਅਤੇ ਫ਼ੌਜ ਦੇ ਮੁਖੀ ਵੀ ਸਿੱਖ ਰਹੇ ਹਨ। ਪੂਰੀ ਦੁਨੀਆ 'ਚ ਅੱਜ ਸਿੱਖ ਦਸਤਾਰ ਸਜਾ ਕੇ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕਰ ਰਹੇ ਹਨ, ਜਦਕਿ ਆਪਣੇ ਹੀ ਦੇਸ਼ ਅੰਦਰ ਦਸਤਾਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਵਾਲੀ ਸੋਚ ਕਦੇ ਵੀ ਦੇਸ਼ ਦੇ ਹਿੱਤ 'ਚ ਨਹੀਂ ਹੋ ਸਕਦੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਅਜਿਹੇ ਮਾਮਲਿਆਂ 'ਚ ਦਖ਼ਲ ਦੇਣ ਅਤੇ ਹਰ ਸੂਬੇ ਨੂੰ ਲੋਕਾਂ ਦੀ ਧਾਰਮਿਕ ਅਜ਼ਾਦੀ ਬਰਕਰਾਰ ਰੱਖਣ ਦੀਆਂ ਹਦਾਇਤਾਂ ਜਾਰੀ ਕਰਨ।
ਉਨ੍ਹਾਂ ਕਰਨਾਟਕਾ ਸਰਕਾਰ ਤੋਂ ਸਖ਼ਤ ਸ਼ਬਦਾਂ ਵਿਚ ਮੰਗ ਕੀਤੀ ਕਿ ਇਸ ਘਿਨੌਣੀ ਹਰਕਤ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਰਾਹ 'ਚ ਰੋੜਾ ਬਣਨ ਵਾਲੇ ਲੋਕਾਂ ਦੀ ਜਵਾਬ ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਦੇ ਵਰਤਾਰੇ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
Comentarios